ਗੁ: ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ 550 ਸਾਲਾ ਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ

by mediateam

ਸੁਲਤਾਨਪੁਰ ਲੋਧੀ (ਇੰਦਰਜੀਤ ਸਿੰਘ ਚਾਹਲ) : ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਸਬੰਧੀ ਅੱਜ ਸਵੇਰੇ ਅੰਮ੍ਰਿਤ ਵੇਲੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ ਗਈ, ਜਿਨ੍ਹਾਂ ਦੇ ਭੋਗ 12-13 ਨਵੰਬਰ ਦੀ ਦਰਮਿਆਨੀ ਰਾਤ ਨੂੰ 1 ਵਜੇ ਪੈਣਗੇ।  ਅੱਜ ਅੰਮ੍ਰਿਤ ਵੇਲੇ ਵਿਸਮਾਦ ਅਤੇ ਸ਼ਰਧਾ ’ਚ ਰੰਗੇ ਮਾਹੌਲ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਸਵਾਰੀ ਸੁਖਆਸਨ ਅਸਥਾਨ ਤੋਂ ਲਿਆਉਣ ਦੀ ਸੇਵਾ ਮੈਨੇਜਰ ਸ. ਸਤਨਾਮ ਸਿੰਘ ਰਿਆੜ ਨੇ ਨਿਭਾਈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੁਖਆਸਨ ਅਸਥਾਨ ਤੋਂ ਪ੍ਰਕਾਸ਼ ਅਸਥਾਨ ਤੱਕ ਪਹੁੰਚਣ ਵੇਲੇ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕੀਤੀ ਗਈ। 

ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਸੁਰਜੀਤ ਸਿੰਘ ਸਭਰਾ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਦੀ ਅਰਦਾਸ ਕੀਤੀ ਗਈ ਉਪਰੰਤ ਮੁਖਵਾਕ ਲਿਆ ਗਿਆ। ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਅਵਤਾਰ ਸਿੰਘ ਵਣਵਾਲਾ, ਜਥੇਦਾਰ ਅਮਰੀਕ ਸਿੰਘ ਕੋਟਸ਼ਮੀਰ ਅਤੇ ਭਾਈ ਅਮਰਜੀਤ ਸਿੰਘ ਚਾਵਲਾ, ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਵੀ ਹਾਜ਼ਰ ਸਨ। ਇਸੇ ਦੌਰਾਨ ਅੱਜ ਪਵਿੱਤਰ ਇਤਿਹਾਸਕ ਨਗਰੀ ਸੁਲਤਾਨਪੁਰ ਲੋਧੀ ਵਿਖੇ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਨੇ ਪਹੁੰਚ ਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤਾ। ਗੁਰਦੁਆਰਾ ਸਾਹਿਬ ਵਿਖੇ ਸਾਰਾ ਦਿਨ ਮੱਥਾ ਟੇਕਣ ਲਈ ਸੰਗਤਾਂ ਦੀਆਂ ਲੰਬੀਆਂ ਕਤਾਰਾਂ ਲੱਗੀਆਂ ਰਹੀਆਂ।