ਵਿਸ਼ਵ ਵਾਤਾਵਰਨ ਦਿਵਸ ਮੌਕੇ ‘ਦਵਾਈ ਦੇ ਨਾਲ ਕੁਦਰਤੀ ਦਵਾਈ’ ਨਾਂਅ ਦੀ ਨਿਵੇਕਲੀ ਮੁਹਿੰਮ ਦਾ ਆਗਾਜ਼

by mediateam

ਕਪੂਰਥਲਾ : ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਿਹਤਮੰਦ ਬਣਾਉਣ ਲਈ ਪਿਛਲੇ ਸਾਲ ਵਿਸ਼ਵ ਵਾਤਾਵਰਨ ਦਿਵਸ ਮੌਕੇ ਸ਼ੁਰੂ ਕੀਤੇ ਗਏ ਮਿਸ਼ਨ 'ਤੰਦਰੁਸਤ ਪੰਜਾਬ' ਦੀ ਪਹਿਲੀ ਵਰੇਗੰਢ ਮੌਕੇ ਅੱਜ ਸਥਾਨਕ ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਵਿਖੇ ਸ਼ਾਨਦਾਰ ਜ਼ਿਲਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਨੇ ਜ਼ਿਲੇ ਵਿੱਚ 'ਦਵਾਈ ਦੇ ਨਾਲ ਕੁਦਰਤੀ ਦਵਾਈ' ਨਾਂਅ ਦੀ ਨਿਵੇਕਲੀ ਮੁਹਿੰਮ ਦਾ ਆਗਾਜ਼ ਕਰਦਿਆਂ ਕਿਹਾ ਕਿ ਸਿਵਲ ਹਸਪਤਾਲ ਕਪੂਰਥਲਾ ਵਿਖੇ ਹਫ਼ਤੇ ਦੇ ਹਰੇਕ ਸੋਮਵਾਰ ਅਤੇ ਵੀਰਵਾਰ ਆਊਟਡੋਰ ਮਰੀਜ਼ਾਂ ਨੂੰ ਦਵਾਈ ਦੇ ਨਾਲ ਇਕ ਪੌਦਾ ਮੁਫ਼ਤ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਉਹ ਚਾਹੁੰਦੇ ਹਨ ਲੋਕ ਇੰਨੇ ਤੰਦਰੁਸਤ ਹੋ ਜਾਣ ਕਿ ਹਸਪਤਾਲਾਂ ਦੇ ਬੈੱਡ ਖਾਲੀ ਰਹਿਣ। 

ਉਨਾਂ ਕਿਹਾ ਕਿ ਸਿਹਤਮੰਦ ਪੰਜਾਬ ਸਿਰਜਣ ਲਈ ਕੁਦਰਤ ਨਾਲ ਨਾਤਾ ਜੋੜਨਾ ਬੇਹੱਦ ਜ਼ਰੂਰੀ ਹੈ ਅਤੇ ਇਹ ਕੰਮ ਸਾਨੂੰ ਸਾਲ ਦੇ ਸਾਰੇ 365 ਦਿਨ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਪਾਣੀ ਬਚਾਉਣ ਅਤੇ ਧਰਤੀ ਹੇਠਲੇ ਪਾਣੀ ਦਾ ਪੱਧਰ ਉੱਚਾ ਕਰਨ ਲਈ 'ਰੇਨ ਵਾਟਰ ਹਾਰਵੈਸਟਿੰਗ ਸਿਸਟਮ' ਦੀ ਸ਼ੁਰੂਆਤ ਸਾਨੂੰ ਆਪਣੇ ਘਰਾਂ ਤੋਂ ਕਰਨੀ ਚਾਹੀਦੀ ਹੈ। ਉਨਾਂ ਕਿਹਾ ਕਿ ਨਵੀਆਂ ਬਣਨ ਵਾਲੀਆਂ 500 ਗਜ਼ ਦੀਆਂ ਸਾਰੀਆਂ ਇਮਾਰਤਾਂ ਲਈ ਜਲਦ ਹੀ ਇਹ ਸਿਸਟਮ ਲਾਜ਼ਮੀ ਕੀਤਾ ਜਾਵੇਗਾ। ਉਨਾਂ ਕਿਹਾ ਕਿ ਇਸ ਸਿਸਟਮ ਲਈ ਕੇਵਲ 30-35 ਹਜ਼ਾਰ ਦਾ ਖ਼ਰਚਾ ਆਉਂਦਾ ਹੈ। ਉਨਾਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਜ਼ਿਲੇ ਦੇ ਹਰੇਕ ਪਿੰਡ ਵਿਚ 550 ਬੂਟੇ ਲਗਾਉਣ ਦੀ ਮੁਹਿੰਮ ਵੀ ਚਲਾਈ ਗਈ ਹੈ। ਉਨਾਂ ਕਿਹਾ ਕਿ ਇਸ ਮਿਸ਼ਨ ਦਾ ਮੁੱਖ ਉਦੇਸ਼ ਲੋਕਾਂ ਨੂੰ ਸਿਹਤਮੰਦ ਚੌਗਿਰਦਾ ਮੁਹੱਈਆ ਕਰਵਾਉਣਾ ਹੈ, ਜਿਸ ਤਹਿਤ ਉਨਾਂ ਨੂੰ ਸਿਹਤ ਸੰਭਾਲ ਪ੍ਰਤੀ ਜਾਗਰੂਕ ਕਰਨ ਤੋਂ ਇਲਾਵਾ ਸ਼ੁੱਧ ਹਵਾ ਤੇ ਪਾਣੀ, ਮਿਲਾਵਟ ਰਹਿਤ ਭੋਜਨ ਅਤੇ ਖੁਰਾਕੀ ਉਤਪਾਦ ਮੁਹੱਈਆ ਕਰਵਾਉਣੇ ਹਨ ਤਾਂ ਜੋ ਉਨਾਂ ਦੀ ਸਰੀਰਕ ਅਤੇ ਮਾਨਸਿਕ ਸਿਹਤ ਹਮੇਸ਼ਾ ਤੰਦਰੁਸਤ ਰਹੇ। 

ਉਨਾਂ ਕਿਹਾ ਕਿ ਇਸ ਮਿਸ਼ਨ ਦੀ ਸਫਲਤਾ ਲਈ ਜਿਥੇ  ਸਮੂਹ ਵਿਭਾਗਾਂ ਨੂੰ ਆਪਸੀ ਸਹਿਯੋਗ ਨਾਲ ਕੰਮ ਕਰਨ ਦੀ ਲੋੜ ਹੈ ਉਥੇ ਜ਼ਿਲਾ ਵਾਸੀਆਂ ਨੂੰ ਵੀ ਰਲ ਕੇ ਹੰਭਲਾ ਮਾਰਨ ਦੀ ਸਖਤ ਜ਼ਰੂਰਤ ਹੈ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸਾਰੇ ਹਾਜ਼ਰੀਨ ਨੂੰ ਸਿਹਤਮੰਦ ਰਹਿਣ ਲਈ ਰੋਜ਼ਾਨਾ ਘੱਟੋ-ਘੱਟ ਅੱਧਾ ਘੰਟਾ ਸੈਰ ਕਰਨ ਦਾ ਪ੍ਰਣ ਵੀ ਦਿਵਾਇਆ। ਇਸ ਤੋਂ ਇਲਾਵਾ ਉਨਾਂ ਕਾਲਜ ਵਿਖੇ ਪੌਦੇ ਲਗਾਏ ਅਤੇ ਵਿਦਿਆਰਥੀਆਂ ਨੂੰ ਇਨਾਂ ਦੀ ਵੰਡ ਵੀ ਕੀਤੀ। ਇਸ ਮੌਕੇ ਉਨਾਂ ਸਿਹਤ ਵਿਭਾਗ ਵੱਲੋਂ ਲਗਾਏ ਗਏ ਵਿਸ਼ਾਲ ਡਾਕਟਰੀ ਜਾਂਚ ਕੈਂਪ ਅਤੇ ਮੋਬਾਈਲ ਵੈਨ ਦਾ ਮੁਆਇਨਾ ਵੀ ਕੀਤਾ। ਇਸ ਤੋਂ ਇਲਾਵਾ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਵਣ ਵਿਭਾਗ, ਖੇਤੀਬਾੜੀ ਵਿਭਾਗ ਅਤੇ ਹੋਰਨਾਂ ਵਿਭਾਗਾਂ ਵੱਲੋਂ ਚੌਗਿਰਦੇ ਦੀ ਸਾਂਭ-ਸੰਭਾਲ ਪ੍ਰਤੀ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਲਗਾਈਆਂ ਪ੍ਰਦਰਸ਼ਨੀਆਂ ਦਾ ਵੀ ਨਿਰੀਖਣ ਕੀਤਾ। 

ਇਸ ਮੌਕੇ ਫੂਡ ਸੇਫਟੀ ਅਫ਼ਸਰ ਸ. ਸਤਨਾਮ ਸਿੰਘ ਵੱਲੋਂ ਦੱਸਿਆ ਕਿ ਗਿਆ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਜ਼ਿਲਾ ਵਾਸੀਆਂ ਨੂੰ ਮਿਲਾਵਟ ਰਹਿਤ ਭੋਜਨ ਅਤੇ ਖੁਰਾਕੀ ਉਤਪਾਦ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਵੱਡੀ ਚੈਕਿੰਗ ਮੁਹਿੰਮ ਚਲਾਈ ਗਈ ਹੈ, ਜਿਸ ਦੇ ਉਸਾਰੂ ਨਤੀਜੇ ਸਾਹਮਣੇ ਆ ਰਹੇ ਹਨ। ਇਸ ਮੌਕੇ 'ਵਾਇਸ ਆਫ ਸੋਲ' ਨਾਟਕ ਮੰਡਲੀ ਵੱਲੋਂ 'ਪਾਣੀ ਮੁਕਤ ਪੰਜਾਬ' ਨਾਟਕ ਦੀ ਸ਼ਾਨਦਾਰ ਪੇਸ਼ਕਾਰੀ ਰਾਹੀਂ ਸਭਨਾਂ ਨੂੰ ਭਵਿੱਖ ਬਾਰੇ ਸੋਚਣ ਲਈ ਮਜਬੂਰ ਕਰ ਦਿੱਤਾ। ਇਸ ਤੋਂ ਇਲਾਵਾ ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਦੇ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਵੱਲੋਂ ਵਾਤਾਵਰਨ ਵਿਸ਼ੇ 'ਤੇ ਸ਼ਾਨਦਾਰ ਵੰਨਗੀਆਂ ਪੇਸ਼ ਕੀਤੀਆਂ ਗਈਆਂ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਵਾਨੀਪੁਰ ਦੀਆਂ ਵਿਦਿਆਰਥਣਾਂ ਨੇ ਗਿੱਧੇ ਦੀਆਂ ਧਮਾਲਾਂ ਪਾਈਆਂ। ਮੰਚ ਸੰਚਾਲਨ ਪ੍ਰੋ. ਸਰਬਜੀਤ ਸਿੰਘ ਧੀਰ ਅਤੇ ਮੈਡਮ ਸੁਨੀਤਾ ਸਿੰਘ ਵੱਲੋਂ ਬਾਖੂਬੀ ਕੀਤਾ ਗਿਆ।