ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਣ ਪ੍ਰੋਗਰਾਮ’ ਤਹਿਤ ਕਰਜ਼ਾ ਲੈ ਕੇ ਆਪਣੇ ਪੈਰਾਂ ’ਤੇ ਖੜੇ ਹੋਣ ਬੇਰੁਜ਼ਗਾਰ ਨੌਜਵਾਨ – ਡੀ.ਸੀ

by

ਕਪੂਰਥਲਾ (ਇੰਦਰਜੀਤ ਸਿੰਘ) : ਜ਼ਿਲੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮੰਤਵ ਨਾਲ ‘ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਣ ਪ੍ਰੋਗਰਾਮ’ ਤਹਿਤ ਜ਼ਿਲਾ ਪੱਧਰੀ ਟਾਸਕ ਫੋਰਸ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਦੀ ਪ੍ਰਧਾਨਗੀ ਹੇਠ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਹੋਈ। ਇਸ ਦੌਰਾਨ ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਣ ਪ੍ਰੋਗਰਾਮ ਤਹਿਤ ਕਰਜ਼ਾ ਲੈ ਕੇ ਆਪਣਾ ਰੁਜ਼ਗਾਰ ਸ਼ੁਰੂ ਕਰਨ ਦੇ ਚਾਹਵਾਨ ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ ਦੀ ਇੰਟਰਵਿੳੂ ਲਈ ਗਈ, ਜਿਨਾਂ ਵਿਚੋਂ 41 ਯੋਗ ਬਿਨੈਕਾਰਾਂ ਦੀਆਂ ਅਰਜ਼ੀਆਂ 2 ਕਰੋੜ 30 ਲੱਖ ਰੁਪਏ ਦੇ ਕਰਜ਼ੇ ਲਈ ਵੱਖ-ਵੱਖ ਬੈਂਕਾਂ ਨੂੰ ਮਨਜ਼ੂਰ ਕਰਨ ਲਈ ਭੇਜੀਆਂ ਗਈਆਂ।

ਇਸ ਮੌਕੇ ਡਿਪਟੀ ਕਮਿਸ਼ਨਰ ਇੰਜ: ਖਰਬੰਦਾ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਸਰਵਿਸ ਯੂਨਿਟ ਲਗਾਉਣ ਲਈ 10 ਲੱਖ ਰੁਪਏ ਅਤੇ ਮੈਨੂਫੈਕਚਰਿੰਗ ਯੂਨਿਟ ਲਗਾਉਣ ਲਈ 25 ਲੱਖ ਰੁਪਏ ਤੱਕ ਦਾ ਕਰਜ਼ਾ ਲਿਆ ਜਾ ਸਕਦਾ ਹੈ। ਉਨਾਂ ਦੱਸਿਆ ਕਿ ਇਸ ਵਿਚ 15 ਤੋਂ 35 ਫੀਸਦੀ ਤੱਕ ਸਬਸਿਡੀ ਦਿੱਤੀ ਜਾਂਦੀ ਹੈ। ਉਨਾਂ ਜ਼ਿਲੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਨਾਂ ਨੂੰ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈ ਕੇ ਆਪਣਾ ਰੁਜ਼ਗਾਰ ਸ਼ੁਰੂ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਇਸ ਸਕੀਮ ਸਬੰਧੀ ਜ਼ਿਲਾ ਉਦਯੋਗ ਕੇਂਦਰ, ਹਮੀਰਾ ਰੋਡ, ਕਪੂਰਥਲਾ ਪਾਸੋਂ ਵਧੇਰੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨਾਂ ਕਿਹਾ ਕਿ ਸਰਕਾਰ ਦਾ ਮਕਸਦ ਵੱਧ ਤੋਂ ਵੱਧ ਨੌਜਵਾਨਾਂ ਨੂੰ ਸਵੈ ਰੁਜ਼ਗਾਰ ਪ੍ਰਦਾਨ ਕਰਕੇ ਉਨਾਂ ਨੂੰ ਆਪਣੇ ਪੈਰਾਂ ’ਤੇ ਖੜੇ ਕਰਨ ਦਾ ਹੈ। 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਸ. ਗੁਰਮੀਤ ਸਿੰਘ ਮੁਲਤਾਨੀ, ਐਸ. ਡੀ. ਐਮ ਸ੍ਰੀ ਵਰਿੰਦਰ ਪਾਲ ਸਿੰਘ ਬਾਜਵਾ, ਸ੍ਰੀ ਲਤੀਫ਼ ਅਹਿਮਦ ਤੇ ਸ. ਰਣਦੀਪ ਸਿੰਘ ਹੀਰ, ਚੀਫ ਜ਼ਿਲਾ ਲੀਡ ਬੈਂਕ ਮੈਨੇਜਰ ਸ੍ਰੀ ਦਰਸ਼ਨ ਲਾਲ ਭੱਲਾ, ਜੀ. ਐਮ ਇੰਡਸਟਰੀ ਸ. ਬਲਵਿੰਦਰ ਪਾਲ ਸਿੰਘ ਵਾਲੀਆ, ਜ਼ਿਲਾ ਰੋਜ਼ਗਾਰ ਜਨਰੇਸ਼ਨ ਤੇ ਟ੍ਰੇਨਿੰਗ ਅਫ਼ਸਰ ਸ੍ਰੀਮਤੀ ਨੀਲਮ ਮਹੇ, ਜ਼ਿਲਾ ਉਦਯੋਗ ਕੇਂਦਰ ਦੇ ਫੰਕਸ਼ਨਲ ਮੈਨੇਜਰ ਸ੍ਰੀ ਰਵਿੰਦਰ ਕੁਮਾਰ ਝਿੱਗਣ, ਖਾਦੀ ਬੋਰਡ ਤੋਂ ਸ੍ਰੀ ਸੁਖਜੀਤ ਸਿੰਘ ਬਾਜਵਾ, ਸ. ਦਵਿੰਦਰ ਪਾਲ ਸਿੰਘ ਆਹੂਜਾ ਤੇ ਹੋਰ ਅਧਿਕਾਰੀ ਹਾਜ਼ਰ ਸਨ।