ਸੁਚਾਰੂੂ ਖ਼ਰੀਦ ਪ੍ਰਕਿਰਿਆ ਲਈ ਮੰਡੀਆਂ ਦਾ ਨਿਰੰਤਰ ਦੌਰਾ ਕਰਨ ਅਧਿਕਾਰੀ : ਡੀ. ਸੀ

by

ਕਪੂਰਥਲਾ : ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਨੇ ਕਣਕ ਦੀ ਖ਼ਰੀਦ ਪ੍ਰਕਿਰਿਆ ਨਾਲ ਜੁੜੇ ਸਮੂਹ ਅਧਿਕਾਰੀਆਂ ਨੂੰ ਆਪਣੇ-ਆਪਣੇ ਅਧਿਕਾਰ ਖੇਤਰ ਵਿਚ ਕਣਕ ਦੀ ਨਿਰਵਿਘਨ ਅਤੇ ਸੁਚਾਰੂ ਖ਼ਰੀਦ ਪ੍ਰਕਿਰਿਆ ਯਕੀਨੀ ਬਣਾਉਣ ਲਈ ਨਿਯਮਤ ਤੌਰ 'ਤੇ ਦੌਰੇ ਕਰਨ ਦੀ ਹਦਾਇਤ ਕੀਤੀ ਹੈ। ਅੱਜ ਕਣਕ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਕਣਕ ਦੀ ਖ਼ਰੀਦ ਵਿਚ ਕਿਸੇ ਤਰਾਂ ਦੀ ਦੇਰੀ ਜਾਂ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਨਾਂ ਕਿਹਾ ਕਿ ਮੰਡੀਆਂ ਵਿਚ ਕਣਕ ਦੀ ਆਮਦ ਵਿਚ ਤੇਜ਼ੀ ਦੇ ਮੱਦੇਨਜ਼ਰ ਉਸ ਦੀ ਤੁਰੰਤ ਖ਼ਰੀਦ ਅਤੇ ਚੁਕਾਈ ਯਕੀਨੀ ਬਣਾਈ ਜਾਵੇ। ਉਨਾਂ ਕਿਹਾ ਕਿ ਜਿਥੇ ਕਿਤੇ ਚੁਕਾਈ ਦਾ ਕੰਮ ਕੁਝ ਹੌਲੀ ਚੱਲ ਰਿਹਾ ਹੈ, ਉਥੇ ਚੁਕਾਈ ਵਿਚ ਤੇਜ਼ੀ ਲਿਆਂਦੀ ਜਾਵੇ। ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ। ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਕਣਕ ਦੀ ਨਿਰਵਿਘਨ ਅਤੇ ਸੁਚੱਜੀ ਖ਼ਰੀਦ ਲਈ ਵਚਨਬੱਧ ਹੈ, ਪਰੰਤੂ ਇਸ ਲਈ ਕਿਸਾਨਾਂ ਨੂੰ ਵੀ ਪ੍ਰਸ਼ਾਸਨ ਦਾ ਸਾਥ ਦੇਣਾ ਚਾਹੀਦਾ ਹੈ।

ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰਾਂ ਦੀ ਪ੍ਰੇਸ਼ਾਨੀ ਤੋਂ ਬਚਣ ਲਈ ਕਣਕ ਨੂੰ ਚੰਗੀ ਤਰਾਂ ਸੁਕਾ ਕੇ ਹੀ ਮੰਡੀਆਂ ਵਿਚ ਲਿਆਉਣ।  ਉਨਾਂ ਇਹ ਵੀ ਅਪੀਲ ਕੀਤੀ ਕਿ ਕਿਸਾਨ ਕਣਕ ਦੇ ਨਾੜ ਅਤੇ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਦੀ ਸਾਂਭ-ਸੰਭਾਲ ਪ੍ਰਤੀ ਆਪਣੀ ਜਿੰਮੇਵਾਰੀ ਨਿਭਾਉਣ। ਇਸ ਮੌਕੇ ਜ਼ਿਲਾ ਮੰਡੀ ਅਫ਼ਸਰ ਸ੍ਰੀ ਰਾਜ ਕੁਮਾਰ ਬਸਰਾ ਅਤੇ ਖ਼ੁਰਾਕ ਸਪਲਾਈ ਅਫ਼ਸਰ ਕਪੂਰਥਲਾ ਸ. ਪ੍ਰੀਤ ਕਮਲ ਸਿੰਘ ਤੋਂ ਇਲਾਵਾ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਜ਼ਿਲਾ ਮੈਨੇਜਰ ਹਾਜ਼ਰ ਸਨ।