ਗ਼ਰੀਬਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਦੀਆਂ ਸਹਾਇਕ ਬਣਨ ਬੈਂਕਾਂ-ਡੀ. ਪੀ. ਐਸ ਖਰਬੰਦਾ

by

ਕਪੂਰਥਲਾ : ਜ਼ਿਲਾ ਬੈਂਕ ਸਲਾਹਕਾਰ ਕਮੇਟੀ ਦੀ ਤਿਮਾਹੀ ਮੀਟਿੰਗ ਸਥਾਨਕ ਯੋਜਨਾ ਭਵਨ ਵਿਖੇ ਡਿਪਟੀ ਕਮਿਸ਼ਨਰ ਇੰਜ. ਡੀ. ਪੀ. ਐਸ ਖਰਬੰਦਾ ਦੀ ਪ੍ਰਧਾਨਗੀ ਹੇਠ ਹੋਈ। ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਜ਼ਿਲੇ ਦੀਆਂ ਸਾਰੀਆਂ ਬੈਂਕਾਂ ਨੂੰ ਹਦਾਇਤ ਕੀਤੀ ਕਿ ਉਹ ਮਿੱਥੇ ਟੀਚਿਆਂ ਨੂੰ ਪੂਰਾ ਕਰਨ ਲਈ ਪੂਰੀ ਜ਼ਿੰਮੇਵਾਰੀ ਨਾਲ ਕੰਮ ਕਰਨ। ਉਨਾਂ ਬੈਂਕਾਂ ਨੂੰ ਕਿਹਾ ਕਿ ਉਨਾਂ ਨੂੰ ਗ਼ਰੀਬਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਦੀਆਂ ਸਹਾਇਕ ਬਣ ਕੇ ਉਨਾਂ ਦਾ ਜੀਵਨ ਪੱਧਰ ਉੱਚਾ ਕਰਨ ਵਿਚ ਮਦਦ ਕਰਨੀ ਚਾਹੀਦੀ ਹੈ। ਉਨਾਂ ਬੈਂਕਾਂ ਨੂੰ ਹਦਾਇਤ ਕੀਤੀ ਕਿ ਉਹ ਸਵੈ-ਰੁਜ਼ਗਾਰ ਸਕੀਮਾਂ ਅਧੀਨ ਬੈਂਕਾਂ ਵਿਚ ਆਏ ਕੇਸਾਂ ਨੂੰ ਜਲਦ ਤੋਂ ਜਲਦ ਨਿਪਟਾਉਣ ਨੂੰ ਯਕੀਨੀ ਬਣਾਉਣ ਤਾਂ ਜੋ ਬੇਰੁਜ਼ਗਾਰ ਨੌਜਵਾਨ ਬੈਂਕਾਂ ਤੋਂ ਛੇਤੀ ਕਰਜ਼ੇ ਪ੍ਰਾਪਤ ਕਰਕੇ ਆਪਣੇ ਕਾਰੋਬਾਰ ਸ਼ੁਰੂ ਕਰ ਸਕਣ। 

ਇਸੇ ਤਰਾਂ ਉਨਾਂ ਸਕੂਲਾਂ, ਕਾਲਜਾਂ ਅਤੇ ਤਕਨੀਕੀ ਸੰਸਥਾਵਾਂ ਵਿਚ ਵਿੱਤੀ ਸਕੀਮਾਂ ਅਤੇ ਵਿੱਤੀ ਸਾਖਰਤਾ ਕੈਂਪ ਲਗਾਉਣ ਦੀ ਵੀ ਹਦਾਇਤ ਕੀਤੀ ਤਾਂ ਜੋ ਨੌਜਵਾਨਾਂ ਨੂੰ ਆਪਣੇ ਪੈਰਾਂ 'ਤੇ ਖੜੇ ਹੋਣ ਲਈ ਆਪਣੇ ਭਵਿੱਖ ਦੇ ਟੀਚੇ ਮਿੱਥਣ ਵਿਚ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਇਸ ਮੌਕੇ ਉਨਾਂ ਬੀਤੀ ਤਿਮਾਹੀ ਦੌਰਾਨ ਜ਼ਿਲੇ ਦੀਆਂ ਬੈਂਕਾਂ ਦੇ ਕੰਮਕਾਜ਼ ਦੀ ਸਮੀਖਿਆ ਕਰਦਿਆਂ 31 ਮਾਰਚ ਤੱਕ ਦੇ ਟੀਚੇ ਪੂਰੇ ਕਰਨ ਦੀ ਹਦਾਇਤ ਕੀਤੀ। ਇਸ ਤੋਂ ਇਲਾਵਾ ਉਨਾਂ ਬੈੱਕਾਂ ਅਤੇ ਏ. ਟੀ. ਐਮਜ਼ ਦੀ ਸੁਰੱਖਿਆ ਸਬੰਧੀ ਵੀ ਜ਼ਰੂਰ ਦਿਸ਼ਾ-ਨਿਰਦੇਸ਼ ਦਿੱਤੇ। ਇਸ ਦੌਰਾਨ ਉਨਾਂ ਪੀ. ਐਨ. ਬੀ ਪੇਂਡੂ ਸਵੈ ਰੁਜ਼ਗਾਰ ਟ੍ਰੇਨਿੰਗ ਸੰਸਥਾਨ ਦੇ ਕੰਮਕਾਜ਼ ਦਾ ਵੀ ਜਾਇਜ਼ਾ ਲਿਆ। 

ਉਨਾਂ ਬੈਂਕ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ 31 ਮਾਰਚ ਨੂੰ ਕਰਵਾਈ ਜਾ ਰਹੀ 'ਰਨ ਫਾਰ ਵੋਟ-ਰਨ ਫਾਰ ਹੈਲਥ' ਦੌੜ ਵਿਚ ਆਪਣੇ ਪਰਿਵਾਰਾਂ ਸਮੇਤ ਵੱਧ-ਚੜ ਕੇ ਹਿੱਸਾ ਲੈਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ, ਡੀ. ਐਸ. ਪੀ. ਸ. ਸੰਦੀਪ ਸਿੰਘ ਮੰਡ, ਡਿਪਟੀ ਸਰਕਲ ਹੈੱਡ ਪੀ. ਐਨ. ਬੀ ਸ੍ਰੀ ਅਰੁਣ ਗੁਪਤਾ, ਆਰ. ਬੀ. ਆਈ ਤੋਂ ਸ੍ਰੀ ਰਾਜੀਵ ਨਾਰੰਗ, ਚੀਫ ਜ਼ਿਲਾ ਲੀਡ ਮੈਨੇਜਰ ਸ੍ਰੀ ਸਰਵੇਂਦਰ ਸਿੰਘ, ਡੀ. ਡੀ. ਐਮ ਨਾਬਾਰਡ ਸ੍ਰੀ ਰਾਕੇਸ਼ ਵਰਮਾ, ਡਾਇਰੈਕਟਰ ਆਰ. ਸੇਟੀ ਸ੍ਰੀ ਪਰਮਜੀਤ ਸਿੰਘ, ਮੱਛੀ ਪਾਲਕ ਵਿਕਾਸ ਏਜੰਸੀ ਦੇ ਮੁੱਖ ਕਾਰਜਕਾਰੀ ਅਫ਼ਸਰ ਸ੍ਰੀ ਵਿੱਦਿਆ ਸਾਗਰ, ਡਿਪਟੀ ਡਾਇਰੈਕਟਰ ਬਾਗਬਾਨੀ ਡਾ. ਕੁਲਵਿੰਦਰ ਸਿੰਘ ਸੰਧੂ, ਜ਼ਿਲਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਅੰਮ੍ਰਿਤਾ ਸਿੰਘ, ਸ. ਦਵਿੰਦਰ ਪਾਲ ਸਿੰਘ ਆਹੂਜਾ ਤੋਂ ਇਲਾਵਾ ਵੱਖ-ਵੱਖ ਬੈਂਕਾਂ ਦੇ ਅਧਿਕਾਰੀ ਹਾਜ਼ਰ ਸਨ।