ਮੈਗਸੀਪਾ’ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਪੰਚਾਇਤੀ ਰਾਜ ਸੰਸਥਾਵਾਂ ਦੇ ਨੁਮਾਇੰਦਿਆਂ ਦੀ ਜਾਗਰੂਕਤਾ ਵਰਕਸ਼ਾਪ

by mediateam

ਕਪੂਰਥਲਾ (ਇੰਦਰਜੀਤ ਸਿੰਘ) : ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨੀਸਟ੍ਰੇਸ਼ਨ' (ਮੈਗਸੀਪਾ) ਦੇ ਰਿਜਨਲ ਸੈਂਟਰ ਜਲੰਧਰ ਵੱਲੋਂ ਅੱਜ ਨਸ਼ਿਆਂ ਦੇ ਮਾੜੇ ਪ੍ਰਭਾਵ ਸਬੰਧੀ ਜਾਗਰੂਕ ਕਰਨ ਲਈ ਪੰਚਾਇਤੀ ਰਾਜ ਸੰਸਥਾਵਾਂ ਦੇ ਨੁਮਾਇੰਦਿਆਂ ਦੀ ਇਕ ਰੋਜ਼ਾ ਵਰਕਸ਼ਾਪ ਕਰਵਾਈ ਗਈ। ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮੈਗਸੀਪਾ ਦੇ ਰਿਜਨਲ ਸੈਂਟਰ ਜਲੰਧਰ ਦੇ ਡਾਇਰੈਕਟਰ ਸ੍ਰੀ ਐਸ. ਪੀ. ਜੋਸ਼ੀ ਦੀ ਅਗਵਾਈ ਹੇਠ ਕਰਵਾਈ ਗਈ ਇਸ ਵਰਕਸ਼ਾਪ ਵਿਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਵਰਕਸ਼ਾਪ ਵਿਚ ਜ਼ਿਲੇ ਦੇ ਵੱਖ-ਵੱਖ ਬਲਾਕਾਂ ਦੇ 125 ਸਰਪੰਚਾਂ ਨੇ ਭਾਗ ਲਿਆ। ਇਸ ਮੌਕੇ ਆਪਣੇ ਸੰਬੋਧਨ ਵਿਚ ਸ. ਭੁੱਲਰ ਨੇ ਕਿਹਾ ਕਿ ਆਪਣੇ ਪਿੰਡਾਂ ਵਿਚੋਂ ਨਸ਼ੇ ਦੇ ਖ਼ਾਤਮੇ ਲਈ ਸਰਪੰਚ ਅਤੇ ਹੋਰ ਮੋਤਤਬਰ ਮਹੱਤਵਪੂਰਨ ਭੂਮਿਕਾ ਨਿਭਾਅ ਸਕਦੇ ਹਨ। 

ਉਨਾਂ ਕਿਹਾ ਕਿ ਅੱਜ ਦੀ ਭੱਜ-ਦੌੜ ਭਰੀ ਜ਼ਿੰਦਗੀ ਵਿਚ ਮਾਪਿਆਂ ਕੋਲ ਬੱਚਿਆਂ ਲਈ ਸਮਾਂ ਨਹੀਂ ਦਿੱਤਾ ਜਾ ਰਿਹਾ, ਜਿਸ ਨਾਲ ਨੌਜਵਾਨ ਬੱਚਿਆਂ ਦੇ ਗ਼ਲਤ ਰਸਤੇ ਜਾਣ ਦੀ ਸੰਭਾਵਨਾ ਬਣੀ ਰਹਿੰਦੀ ਹੈ। ਉਨਾਂ ਕਿਹਾ ਕਿ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਜਵਾਨ ਹੋ ਰਹੇ ਬੱਚਿਆਂ ਨੂੰ ਵੱਧ ਤੋਂ ਵੱਧ ਸਮਾਂ ਦੇ ਕੇ ਉਨਾਂ ਨਾਲ ਨੇੜਤਾ ਬਣਾਉਣ, ਤਾਂ ਜੋ ਇਸ ਉਮਰ ਵਿਚ ਉਨਾਂ ਨੂੰ ਭਟਕਣ ਤੋਂ ਰੋਕਿਆ ਜਾ ਸਕੇ। ਉਨਾਂ ਕਿਹਾ ਕਿ ਨਸ਼ੇ ਤੋਂ ਪੀੜਤਾਂ ਦੇ ਪਰਿਵਾਰ ਪਹਿਲ ਕਰਕੇ ਆਪਣੇ ਪਰਿਵਾਰਕ ਮੈਂਬਰਾਂ ਬਾਰੇ ਪ੍ਰਸ਼ਾਸਨ ਨੂੰ ਦੱਸਣ, ਤਾਂ ਜੋ ਉਨਾਂ ਦਾ ਨਸ਼ਾ ਛੁਡਾਊ ਕੇਂਦਰਾਂ ਜਾਂ 'ਓਟ' ਕਲੀਨਿਕਾਂ ਵਿਚ ਇਲਾਜ ਕਰਵਾਇਆ ਜਾ ਸਕੇ। ਨਸ਼ਾ ਛੁਡਾਊ ਕੇਂਦਰ ਕਪੂਰਥਲਾ ਦੇ ਇੰਚਾਰਜ ਅਤੇ ਉੱਘੇ ਮਨੋਵਿਗਿਆਨੀ ਡਾ. ਸੰਦੀਪ ਭੋਲਾ ਨੇ ਇਸ ਮੌਕੇ ਨਸ਼ੇ ਦੇ ਕਾਰਨਾਂ ਅਤੇ ਇਸ ਦੇ ਇਲਾਜ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ। 

ਉਨਾਂ ਕਿਹਾ ਕਿ ਨਸ਼ਾ ਇਕ ਦਿਮਾਗ ਦੀ ਬਿਮਾਰੀ ਹੈ, ਜਿਸ ਨੂੰ ਇਲਾਜ ਅਤੇ ਦਵਾਈਆਂ ਨਾਲ ਠੀਕ ਕੀਤਾ ਜਾ ਸਕਦਾ ਹੈ। ਉਨਾਂ ਕਿਹਾ ਕਿ ਨਸ਼ਾ ਪੀੜਤਾਂ ਨਾਲ ਸਾਨੂੰ ਹਮਦਰਦੀ ਭਰਿਆ ਵਤੀਰਾ ਅਪਣਾਉਣਾ ਚਾਹੀਦਾ ਹੈ ਤਾਂ ਜੋ ਉਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿਚ ਸ਼ਾਮਿਲ ਕੀਤਾ ਜਾ ਸਕੇ। ਉਨਾਂ ਕਿਹਾ ਕਿ ਸਾਨੂੰ ਆਪਣੇ ਬੱਚਿਆਂ ਦੀਆਂ ਗਤੀਵਿਧੀਆਂ 'ਤੇ ਨਿਰੰਤਰ ਨਜ਼ਰ ਰੱਖਣੀ ਚਾਹੀਦੀ ਹੈ, ਤਾਂ ਜੋ ਉਨਾਂ ਨੂੰ ਕਿਸੇ ਤਰਾ ਦੀ ਗਲਤ ਸੰਗਤ ਤੋਂ ਬਚਾਇਆ ਜਾ ਸਕੇ। ਨਸ਼ੇ ਦੇ ਆਦੀ ਹੋ ਚੁੱਕੇ ਨੌਜਵਾਨਾਂ ਨੂੰ ਮੁੜ ਸਮਾਜ ਵਿਚ ਵਿਚਰਨ ਦੇ ਕਾਬਲ ਬਣਾਉਣ ਲਈ ਸਾਨੂੰ ਉਨਾਂ ਪ੍ਰਤੀ ਆਪਣੀ ਮਾਨਸਿਕਤਾ ਬਦਲਣ ਦੀ ਲੋੜ ਹੈ। ਉਨਾਂ ਕਿਹਾ ਕਿ ਅਜਿਹੇ ਨੌਜਵਾਨਾਂ ਨਾਲ ਚੰਗਾ ਵਿਹਾਰ ਕੀਤਾ ਜਾਵੇ ਅਤੇ ਉਨਾਂ ਦੀ ਸਮਾਜ ਵਿਚ ਅਹਿਮੀਅਤ ਦਰਸਾਈ ਜਾਵੇ। ਇਸ ਮੌਕੇ ਡੀ. ਡੀ. ਪੀ. ਓ ਸ. ਹਰਜਿੰਦਰ ਸਿੰਘ ਸੰਧੂ, ਬੀ. ਡੀ. ਪੀ. ਓ ਕਪੂਰਥਲਾ ਸ. ਅਮਰਜੀਤ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ।