• Monday, December 09

Breaking News :

ਪ੍ਰਭਾਵਿਤ ਇਲਾਕਿਆਂ ਨੂੰ ਨਸ਼ਾ ਮੁਕਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਅ ਰਹੇ ਹਨ 'ਨਸ਼ਾ ਮੁਕਤੀ ਦਲ' : ਡੀ. ਸੀ

ਪ੍ਰਭਾਵਿਤ ਇਲਾਕਿਆਂ ਨੂੰ ਨਸ਼ਾ ਮੁਕਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਅ ਰਹੇ ਹਨ 'ਨਸ਼ਾ ਮੁਕਤੀ ਦਲ' : ਡੀ. ਸੀ

ਕਪੂਰਥਲਾ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਮੁਹਿੰਮ ਨੂੰ ਮੁਕਾਮ 'ਤੇ ਪਹੁੰਚਾਉਣ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਇਕ ਨਿਵੇਕਲੇ ਉਪਰਾਲੇ ਤਹਿਤ ਸਥਾਪਿਤ ਕੀਤੇ ਗਏ ਵਲੰਟੀਅਰਾਂ ਦੇ 'ਨਸ਼ਾ ਮੁਕਤੀ ਦਲ' ਜ਼ਿਲੇ ਦੇ ਨਸ਼ਾ ਪ੍ਰਭਾਵਿਤ ਇਲਾਕਿਆਂ ਨੂੰ ਨਸ਼ਾ ਮੁਕਤ ਕਰਨ ਵਿਚ ਅਹਿਮ ਭੂਮਿਕਾ ਨਿਭਾਅ ਰਹੇ ਹਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਨੇ ਅੱਜ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਪਿੰਡ ਬਾਦਸ਼ਾਹਪੁਰ ਵਿਖੇ ਨਸ਼ਿਆਂ ਖਿਲਾਫ਼ ਕਰਵਾਏ ਜਾਗਰੂਕਤਾ ਸੈਮੀਨਾਰ ਮੌਕੇ ਵੱਡੀ ਗਿਣਤੀ ਵਿਚ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨਾਂ ਕਿਹਾ ਕਿ ਕਪੂਰਥਲਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਦੇ ਕੋਹੜ ਨੂੰ ਦੂਰ ਕਰਨ ਲਈ ਸਥਾਪਿਤ ਕੀਤੇ ਗਏ 'ਨਸ਼ਾ ਮੁਕਤੀ ਦਲ' ਦੀ ਚਰਚਾ ਸਾਰੇ ਸੂਬੇ ਵਿਚ ਹੋ ਰਹੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਇਸ ਪਹਿਲ ਦੀ ਬੇਹੱਦ ਸ਼ਲਾਘਾ ਕੀਤੀ ਗਈ ਹੈ। ਉਨਾਂ ਦੱਸਿਆ ਕਿ ਜ਼ਿਲੇ ਦੇ ਵੱਧ ਨਸ਼ੇ ਵਾਲੇ 16 ਪਿੰਡਾਂ ਅਤੇ ਕਸਬਿਆਂ ਵਿਚ 'ਨਸ਼ਾ ਮੁਕਤੀ ਦਲ' ਸਥਾਪਿਤ ਕੀਤੇ ਗਏ ਹਨ, ਜਿਨਾਂ ਦੇ ਲਾਲ ਪਹਿਰਾਵੇ ਅਤੇ ਪੀਲੀਆਂ ਪੱਗਾਂ ਵਿਚ ਸਜੇ 10-10 ਮੈਂਬਰ ਗ਼ਲਤ ਅਨਸਰਾਂ 'ਤੇ ਬਾਜ਼ ਨਜ਼ਰ ਰੱਖਣ ਦੇ ਨਾਲ-ਨਾਲ ਲੋਕਾਂ ਨੂੰ ਨਸ਼ਿਆਂ ਖਿਲਾਫ਼ ਜਾਗਰੂਕ ਕਰ ਰਹੇ ਹਨ ਅਤੇ ਨਸ਼ਾ ਪੀੜਤਾਂ ਦੇ ਇਲਾਜ ਤੇ ਮੁੜ-ਵਸੇਬੇ ਵਿਚ ਮਦਦ ਕਰ ਰਹੇ ਹਨ।

ਉਨਾਂ ਕਿਹਾ ਕਿ ਕਪੂਰਥਲਾ ਨੂੰ ਪੰਜਾਬ ਦਾ ਪਹਿਲਾ ਨਸ਼ਾ ਮੁਕਤ ਜ਼ਿਲਾ ਬਣਾਇਆ ਜਾਵੇਗਾ। ਇਸ ਮੌਕੇ ਹਾਜ਼ਰ ਪਿੰਡ ਦੇ 'ਨਸ਼ਾ ਮੁਕਤੀ ਦਲ' ਦੇ ਮੈਂਬਰਾਂ ਨੂੰ ਉਨਾਂ ਸੱਦਾ ਦਿੱਤਾ ਕਿ ਉਹ ਆਪਣੇ ਪਿੰਡ ਨੂੰ ਨਸ਼ਾ ਮੁਕਤ ਕਰਨ ਲਈ ਸੰਜੀਦਗੀ ਨਾਲ ਕੰਮ ਕਰਨ ਅਤੇ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਨੂੰ ਸਫਲ ਬਣਾਉਣ ਵਿਚ ਆਪਣਾ ਯੋਗਦਾਨ ਦੇਣ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਜੜੋਂ ਖ਼ਤਮ ਕਰਨ ਲਈ ਵਿੱਢੀ ਗਈ ਮੁਹਿੰਮ ਤਾਂ ਹੀ ਕਾਮਯਾਬ ਹੋ ਸਕਦੀ ਹੈ, ਜੇਕਰ ਸਾਰੇ ਲੋਕ ਮਿਲ ਕੇ ਹੰਭਲਾ ਮਾਰਨ।  ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ ਨੇ ਇਸ ਮੌਕੇ ਕਿਹਾ ਕਿ ਨਸ਼ਾ ਇਕ ਸੰਵੇਦਨਸ਼ੀਲ ਮੁੱਦਾ ਹੈ ਅਤੇ ਇਸ ਪ੍ਰਤੀ ਸਾਰਿਆਂ ਨੂੰ ਆਪਣੀ ਜਿੰਮੇਵਾਰੀ ਸਮਝਣੀ ਚਾਹੀਦੀ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਪੀੜਤਾਂ ਦੇ ਇਲਾਜ, ਮੁੜ-ਵਸੇਬੇ ਅਤੇ ਨਸ਼ੇ ਦੀ ਰੋਕਥਾਮ ਲਈ ਵੱਡੇ ਉਪਰਾਲੇ ਕੀਤੇ ਗਏ ਹਨ। 

ਇਸ ਮੌਕੇ ਐਸ. ਡੀ. ਐਮ ਕਪੂਰਥਲਾ ਸ੍ਰੀ ਵਰਿੰਦਰ ਪਾਲ ਸਿੰਘ ਬਾਜਵਾ, ਸਹਾਇਕ ਕਮਿਸ਼ਨਰ ਡਾ. ਸ਼ਿਖਾ ਭਗਤ, ਡੀ. ਐਸ. ਪੀ (ਸਬ-ਡਵੀਜ਼ਨ) ਸ. ਹਰਿੰਦਰ ਸਿੰਘ ਗਿੱਲ, ਕਪੂਰਥਲਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਜੁਗਰਾਜ ਸਿੰਘ ਕਾਹਲੋਂ, ਐਸ. ਐਚ. ਓ ਸ. ਬਿਕਰਮਜੀਤ ਸਿੰਘ ਤੇ ਹੋਰਨਾਂ ਬੁਲਾਰਿਆਂ ਨੇ ਲੋਕਾਂ ਨੂੰ ਨਸ਼ਿਆਂ ਖਿਲਾਫ਼ ਡਟਣ ਦਾ ਸੱਦਾ ਦਿੱਤਾ। ਇਸ ਮੌਕੇ ਨਾਇਬ ਤਹਿਸੀਲਦਾਰ ਕਪੂਰਥਲਾ ਸ੍ਰੀ ਪਵਨ ਕੁਮਾਰ, ਬੀ. ਡੀ. ਪੀ. ਓ ਕਪੂਰਥਲਾ ਸ. ਅਮਰਜੀਤ ਸਿੰਘ, ਐਡਵੋਕੇਟ ਕੇ. ਐਸ ਧੰਮ, ਸਰਪੰਚ ਸ. ਦਿਆਲ ਸਿੰਘ, ਸਾਬਕਾ ਸਰਪੰਚ ਸ. ਹਰਜਿੰਦਰ ਸਿੰਘ ਤੇ ਸ. ਸੁੱਚਾ ਸਿੰਘ, ਐਸ. ਡੀ. ਓ ਜਲ ਸਪਲਾਈ ਤੇ ਸੈਨੀਟੇਸ਼ਨ ਸ੍ਰੀ ਅਸ਼ਵਨੀ ਮੱਟੂ, ਜੇ. ਈ ਸ੍ਰੀ ਮਨੀਸ਼ ਵਿਰਦੀ, ਸ. ਦਵਿੰਦਰ ਪਾਲ ਸਿੰਘ ਆਹੂਜਾ ਤੋਂ ਇਲਾਵਾ ਪੰਚਾਇਤ ਮੈਂਬਰ, ਨੰਬਰਦਾਰ ਅਤੇ ਇਲਾਕਾ ਵਾਸੀ ਹਾਜ਼ਰ ਸਨ।


Add Comment

Recent Post

Sign up for the Newsletter

Join our newsletter and get updates in your inbox. We won’t spam you and we respect your privacy.